ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦੇ ਮਨਮਾਨੇ ਅਤੇ ਲੋਕਤੰਤਰ ਵਿਰੋਧੀ ਫੈਸਲੇ ਵਿਰੁੱਧ ਪੰਜਾਬ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਹਰਪਾਲ ਚੀਮਾ ਨੇ ਰਾਜਪਾਲ ਨੂੰ ਉਸ ਦੇ ਤਰਕਹੀਣ ਫੈਸਲੇ ਲਈ ਕਿਹਾ ਕਿ ਲੋਕਾਂ ਦੇ ਜਮਹੂਰੀ ਅਧਿਕਾਰਾਂ ਅਤੇ ਰਾਜਾਂ ਦੇ ਸੰਘੀ ਅਧਿਕਾਰਾਂ ਦੀ ਰਾਖੀ ਲਈ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਉਹਨਾਂ ਭਾਜਪਾ ਦੇ 'ਆਪ੍ਰੇਸ਼ਨ ਲੋਟਸ' ਦੀ ਹਮਾਇਤ ਕਰਨ ਵਾਲੀ ਪੰਜਾਬ ਕਾਂਗਰਸ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਭਾਜਪਾ ਦੇ ਹੱਥਕੰਡਿਆਂ ਦੀ ਸਭ ਤੋਂ ਵੱਡੀ ਸ਼ਿਕਾਰ, ਕਾਂਗਰਸ ਪਾਰਟੀ ਇਸ ਮਾਮਲੇ ਵਿੱਚ ਭਗਵਾ ਪਾਰਟੀ ਦੇ ਹੱਕ ਵਿੱਚ ਖੜ੍ਹੀ ਹੈ।