ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਦੇ ਬਾਨੀ ਸਤਿਗੁਰੂ ਰਾਮ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਇਆ ਸੀ। ਉਨ੍ਹਾਂ ਦੇ ਜੀਵਨ ਅਤੇ ਫਲਸਫੇ ਨੇ ਸਮਾਜ ਵਿੱਚ ਸੁਧਾਰ ਲਿਆਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਸਤਿਗੁਰੂ ਰਾਮ ਸਿੰਘ ਦੇ 207ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਹੋਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਸਤਿਗੁਰੂ ਰਾਮ ਸਿੰਘ ਨੇ ਅੰਗਰੇਜ਼ ਹਕੂਮਤ ਵਿਰੁੱਧ ਅਸਹਿਯੋਗ ਨੂੰ ਸਿਆਸੀ ਹਥਿਆਰ ਵਜੋਂ ਸਫ਼ਲਤਾਪੂਰਵਕ ਵਰਤਿਆ ਸੀ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਵੱਲੋਂ ਸ਼ੁਰੂ ਕੀਤੀ ਨਾ-ਮਿਲਵਰਤਣ ਲਹਿਰ ਨੂੰ ਮਹਾਤਮਾ ਗਾਂਧੀ ਵਰਗੇ ਉੱਘੇ ਆਜ਼ਾਦੀ ਘੁਲਾਟੀਆਂ ਨੇ ਵੀ ਅਪਣਾਇਆ ਸੀ।