ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਮੰਗਲਵਾਰ ਸਵੇਰੇ ਹੀ ਧਰਨਾ ਲਗਾ ਦਿੱਤਾ। ਹਾਲਾਂਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਧਰਨਾ ਦੇਣ ਦੀ ਲੋੜ ਨਹੀਂ। ਉਹ ਜਦੋਂ ਮਰਜ਼ੀ ਸੀਐੱਮ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹੁਣ ਤਕ 29 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੋ ਗੈਂਗਸਟਰਾਂ ਦਾ ਐਨਕਾਉਂਟਰ ਵੀ ਕਰ ਚੁੱਕੀ ਹੈ। ਜਿੱਥੇ ਤਕ ਰਹਿੰਦੇ 5 ਮੁਲਜ਼ਮਾਂ ਦੀ ਗੱਲ ਹੈ, ਉਨ੍ਹਾਂ ਨੂੰ ਵੀ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਹ ਭਰੋਸਾ ਮਿਲਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਧਰਨਾ ਖ਼ਤਮ ਕਰ ਦਿੱਤਾ ।